‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਕੇਸ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਅੱਜ ਕੁੱਝ ਸਿੱਖ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ ਸਨ ਤਾਂ ਮੁੱਖ ਮੰਤਰੀ ਮਾਨ ਨੇ ਐੱਸਆਈਟੀ ਦੀ ਜਾਂਚ ਰਿਪੋਰਟ ਸੌਂਪੀ। ਮੁੱਖ ਮੰਤਰੀ ਮਾਨ ਦੇ ਨਾਲ ਪੰਜ ਸਿੱਖ ਆਗੂਆਂ ਨੇ ਮੁਲਾਕਾਤ ਕੀਤੀ ਹੈ ਜਿਨ੍ਹਾਂ ਵਿੱਚ ਅਮਰੀਕ ਸਿੰਘ ਅਜਨਾਲਾ, ਬਾਬਾ ਬਲਦੇਵ ਸਿੰਘ, ਬਾਬਾ ਰੇਸ਼ਮ ਸਿੰਘ, ਬਾਬਾ ਚਮਕੌਰ ਸਿੰਘ ਭਾਈ ਰੂਪਾ ਅਤੇ ਭਾਈ ਮੇਜਰ ਸਿੰਘ ਪੰਡੋਈ ਸ਼ਾਮਿਲ ਸਨ।

ਬਰਗਾੜੀ ਬੇਅਦਬੀ ਮਾਮਲੇ ਲਈ ਗਠਿਤ ਐੱਸਆਈਟੀ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਐੱਸਆਈਟੀ ਵੱਲੋਂ ਮੁੱਖ ਮੰਤਰੀ ਮਾਨ ਨੂੰ ਇਸ ਪੂਰੇ ਮਾਮਲੇ ਦੀ ਰਿਪੋਰਟ ਸੌਂਪੀ ਗਈ ਸੀ। ਸੂਤਰਾਂ ਦੀ ਜਾਣਕਾਰੀ ਮੁਤਾਬਕ ਅਗਲੇ ਦੋ ਤਿੰਨ ਦਿਨਾਂ ਤੱਕ ਐੱਸਆਈਟੀ ਇਸ ਪੂਰੇ ਮਾਮਲੇ ਦੀ ਕੀਤੀ ਗਈ ਜਾਂਚ ਬਾਰੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦੇਵੇਗੀ। ਐੱਸਆਈਟੀ ਵੱਲੋਂ ਕਈ ਵੱਡੇ ਖੁਲਾਸੇ ਕੀਤੇ ਜਾ ਸਕਦੇ ਹਨ ਕਿ ਇਸ ਘਟਨਾ ਦੇ ਪਿੱਛੇ ਕੌਣ ਜ਼ਿੰਮੇਵਾਰ ਸੀ, ਇਸ ਘਟਨਾ ਨੂੰ ਕਿਵੇਂ ਅੰਜਾਮ ਦਿੱਤਾ ਗਿਆ।

ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਵੀ ਇਹ ਮੁੱਦਾ ਚੁੱਕਿਆ ਸੀ। ਵੱਖ-ਵੱਖ ਵਿਰੋਧੀ ਧਿਰਾਂ ਵੱਲੋਂ ਇਸ ਮਸਲੇ ਨੂੰ ਲੈ ਕੇ ਇੱਕ ਦੂਜੇ ਉੱਤੇ ਇਲਜ਼ਾਮਬਾਜ਼ੀਆਂ ਲੱਗਦੀਆਂ ਰਹੀਆਂ। ਉਸੇ ਵੇਲੇ ਦੀ 2015 ਦੀ ਅਕਾਲੀ ਦਲ ਸਰਕਾਰ ਉੱਤੇ ਬੇਅਦਬੀ ਦਾ ਦੋਸ਼ ਮੜਿਆ ਜਾ ਰਿਹਾ ਹੈ। ਬਾਅਦ ਵਿੱਚ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਦਾਅਵਾ ਕੀਤਾ ਸੀ ਤੇ ਕਾਂਗਰਸ ਸਰਕਾਰ ਦੇ ਵੀ ਪੰਜ ਸਾਲ ਨਿਕਲ ਗਏ ਪਰ ਦੋਸ਼ੀਆਂ ਨੂੰ ਹਾਲੇ ਤੱਕ ਸਜ਼ਾ ਨਹੀਂ ਦਿੱਤੀ ਗਈ। ਹੁਣ ਆਮ ਆਦਮੀ ਪਾਰਟੀ ਵੱਲੋਂ ਵੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹੁਣ ਆਪ ਸਰਕਾਰ ਇਸ ਰਿਪੋਰਟ ਨੂੰ ਲੈ ਕੇ ਕੀ ਐਕਸ਼ਨ ਲਵੇਗੀ, ਇਹ ਹਾਲੇ ਸਵਾਲ ਬਣਿਆ ਹੋਇਆ ਹੈ।

ਸਾਲ 2015 ਵਿੱਚ ਫਰੀਦਕੋਟ ਦੇ ਬਰਗਾੜੀ ਪਿੰਡ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਗਲੀਆਂ ਵਿੱਚ ਖਿੱਲਰੇ ਪਏ ਹੋਏ ਮਿਲੇ ਸਨ। ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਰੋਸ ਮੁਜ਼ਾਹਰਾ ਕੀਤਾ ਸੀ ਜਿਸ ਕਰਕੇ ਪੁਲਿਸ ਨੇ ਸਿੱਖ ਜਥੇਬੰਦੀਆਂ ਉੱਤੇ ਲਾਠੀਚਾਰਜ ਕੀਤਾ ਅਤੇ ਪੁਲਿਸ ਦੀ ਗੋਲੀ ਲੱਗਣ ਕਾਰਨ ਦੋ ਸਿੱਖਾਂ ਦੀ ਮੌਤ ਹੋ ਗਈ ਸੀ।